ਫਾਜ਼ਿਲਕਾ 30 ਸਤੰਬਰ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤਾਂ ਦੀਆਂ ਚੋਣਾਂ ਵਿੱਚ ਸਰਬ ਸੰਮਤੀ ਨਾਲ ਆਪਣੇ ਪਿੰਡਾਂ ਦੇ ਪੰਚ ਅਤੇ ਸਰਪੰਚ ਦੀ ਚੋਣ ਕਰਨ ਤਾਂ ਜੋ ਪਿੰਡਾਂ ਦੇ ਵਿੱਚ ਕੋਈ ਪਾਰਟੀਬਾਜੀ ਨਾ ਬਣੇ ਅਤੇ ਪਿੰਡ ਦੇ ਵਿਕਾਸ ਲਈ ਪਿੰਡ ਦੇ ਲੋਕ ਸਾਂਝੇ ਤੌਰ ਤੇ ਉਪਰਾਲੇ ਕਰ ਸਕਣ ।
ਉਹਨਾਂ ਨੇ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਸਰਬ ਸੰਮਤੀ ਹੋਵੇਗੀ ਉੱਥੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਵਾਧੂ ਗਰਾਂਟ ਦੇ ਨਾਲ ਨਾਲ ਸਟੇਡੀਅਮ ਅਤੇ ਹੋਰ ਸਹੂਲਤਾਂ ਦੇਣ ਵਿੱਚ ਵੀ ਪਹਿਲ ਦਿੱਤੀ ਜਾਵੇਗੀ। ਉਨਾਂ ਨੇ ਇਹ ਵੀ ਕਿਹਾ ਕਿ ਇਹ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਹੋ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਨੋ ਡਿਊ ਸਰਟੀਫਿਕੇਟ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਨੂੰ ਵੀ ਨੋ ਓਬਜੈਕਸ਼ਨ ਸਰਟੀਫਿਕੇਟ ਲੈਣ ਵਿੱਚ ਕੋਈ ਦਿੱਕਤ ਨਾ ਆਵੇ ।
ਪਰ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਾ ਬਣਾ ਕੇ ਪਿੰਡ ਵਿੱਚ ਵਿਚਾਰ ਕਰਕੇ ਸਰਬ ਸੰਮਤੀ ਨਾਲ ਪੰਚ ਅਤੇ ਸਰਪੰਚ ਚੁਣਨ ਅਤੇ ਲੋਕਤੰਤਰ ਦੀ ਮੁਢਲੀ ਇਕਾਈ ਪੰਚਾਇਤ ਨੂੰ ਮਜਬੂਤ ਕਰਨ।